Home / ਚੋਣਵੀ ਖਬਰ/ਲੇਖ / ਬੇਅਦਬੀ ਮਾਮਲੇ: ਅਕਾਲੀ ਦੋਸ਼ੀ ਸਾਬਤ ਹੋਣ ਡਰੋਂ ਢੰਗ-ਤਰੀਕੇ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ -ਕੈਪਟਨ

ਬੇਅਦਬੀ ਮਾਮਲੇ: ਅਕਾਲੀ ਦੋਸ਼ੀ ਸਾਬਤ ਹੋਣ ਡਰੋਂ ਢੰਗ-ਤਰੀਕੇ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ -ਕੈਪਟਨ

ਚੰਡੀਗੜ੍ਹ: ਸ਼੍ਰੀ ਗੁਰੁ ਗ੍ਰੰਥ ਸਾਹਿਬ ਅਤੇ ਗੁਰਬਾਣੀ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਬਾਰੇ ਅਕਾਲੀ ਦਲ ਦੀ ਚੱਲ ਰਹੀ ਬਿਆਨਬਾਜ਼ੀ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਆਗੂ ਬੇਅਦਬੀ ਦੇ ਕੇਸਾਂ ਵਿੱਚ ਦੋਸ਼ੀ ਸਾਬਤ ਹੋਣ ਡਰੋਂ ਢੰਗ-ਤਰੀਕੇ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਦਾਅ-ਪੇਚ ਅਕਾਲੀਆਂ ਦੀ ਮਦਦ ਨਹੀਂ ਕਰ ਸਕਦੇ।

ਕੈਪਟਨ ਅਮਰਿੰਦਰ ਸਿੰਘ

ਪੰਜਾਬ ਸਰਕਾਰ ਵੱਲੋਂ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਅਗਵਾਈ ਹੇਠਲੇ ਜਾਂਚ ਕਮਿਸ਼ਨ ’ਤੇ ਕੀਤੀਆਂ ਜਾ ਰਹੀਆਂ ਟਿੱਪਣੀਆਂ ਦੇ ਜਵਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀਆਂ ਵੱਲ ਨਿਸ਼ਾਨਾ ਸੇਧਿਆ।

 

ਇੱਥੇ ਇੱਕ ਬਿਆਨ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਕਰਜ਼ਾ ਮੁਆਫ਼ੀ ਦੇ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਵੱਲੋਂ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਵਧਾਵਾ ਦੇਣ ਤੇ ਆਪਣੇ-ਆਪ ਨੂੰ ਕਿਸਾਨਾਂ ਦਾ ‘ਮਸੀਹਾ’ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਿਰਾਸ਼ਾ ਵਿੱਚ ਘਿਰੇ ਹੋਏ ਅਕਾਲੀ ਆਪਣੀ ਸਿਆਸੀ ਹੋਂਦ ਬਚਾਉਣ ਲਈ ਲੋਕਾਂ ਵਿੱਚ ਹਾਜ਼ਰੀ ਲਵਾਉਣ ਲਈ ਮੁੱਦੇ ਲੱਭਣ ਦੀ ਅਸਫ਼ਲ ਕੋਸ਼ਿਸ਼ ਕਰ ਰਹੇ ਹਨ।

 

ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਪਾਲ ਨੂੰ ਦਿੱਤੇ ਮੰਗ ਪੱਤਰ ’ਤੇ ਤਿੱਖੀ ਪ੍ਰਤੀਕਿਰਿਆ ਕਰਦਿਆਂ ਕਿਹਾ ਕਿ ਜੇਕਰ ਅਕਾਲੀ, ਕਿਸਾਨਾਂ ਦੀ ਹਾਲਤ ਨੂੰ ਲੈ ਕੇ ਇੰਨੇ ਹੀ ਚਿੰਤਤ ਹਨ ਤਾਂ ਪਿਛਲੇ ਦਸ ਵਰ੍ਹਿਆਂ ਦੌਰਾਨ ਕਿਸਾਨੀ ਭਾਈਚਾਰੇ ਨੂੰ ਉੱਚਾ ਚੁੱਕਣ ਲਈ ਕੁਝ ਕਿਉਂ ਨਹੀਂ ਕੀਤਾ ਗਿਆ? ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਕਿਸਾਨਾਂ ਦੀ ਤਰਸਯੋਗ ਹਾਲਤ ਅਕਾਲੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਨਤੀਜਾ ਹੈ।

 
ਉਨ੍ਹਾਂ ਕਿਹਾ ਕਿ ਬਾਦਲਾਂ ਦੀ ਅਗਵਾਈ ਵਾਲੇ ਅਕਾਲੀਆਂ ਨੂੰ ਤੋਹਮਤਬਾਜ਼ੀ ਵਿੱਚ ਗਲਤਾਨ ਹੋਣ ਦੀ ਥਾਂ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਰਥਿਕਤਾ ਨੂੰ ਕੁਝ ਹੱਦ ਤੱਕ ਪੈਰਾਂ ’ਤੇ ਲਿਆਂਦਾ ਹੈ ਤੇ ਕਰਜ਼ਾ ਮੁਆਫ਼ੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।

ਟਿੱਪਣੀ ਕਰੋ:

About webmaster

Scroll To Top