Home / ਚੋਣਵੀ ਖਬਰ/ਲੇਖ / ਹਰਿਮੰਦਰ ਸਾਹਿਬ ਦੀ ਨਕਲ ‘ਤੇ ਬਣੇ ਗੁਰਦੁਆਰਾ ਸਾਹਿਬ ਦਾ ਮਾਮਲਾ, ਪ੍ਰਸ਼ੋਤਮ ਸਿੰਘ ਫੱਗੂਵਾਲਾ ਨੇ ਫਿਰ ਦਿੱਤੀ ਮਰਨ-ਵਰਤ ਦੀ ਚੇਤਾਵਨੀ

ਹਰਿਮੰਦਰ ਸਾਹਿਬ ਦੀ ਨਕਲ ‘ਤੇ ਬਣੇ ਗੁਰਦੁਆਰਾ ਸਾਹਿਬ ਦਾ ਮਾਮਲਾ, ਪ੍ਰਸ਼ੋਤਮ ਸਿੰਘ ਫੱਗੂਵਾਲਾ ਨੇ ਫਿਰ ਦਿੱਤੀ ਮਰਨ-ਵਰਤ ਦੀ ਚੇਤਾਵਨੀ

ਸੰਗਰੂਰ: ਸ਼੍ਰੀ ਹਰਿਮੰਦਰ ਸਾਹਿਬ ਦੀ ਨਕਲ ‘ਤੇ ਮਸਤੂਆਣਾ ਵਿੱਚ ਬਣ ਰਹੇ ਗੁਰਦੁਆਰੇ ਸਬੰਧੀ ਅਕਾਲ ਤਖਤ ਤੋਂ ਜਾਰੀ ਹੁਕਮਨਾਮੇ ਨੂੰ ਲਾਗੂ ਕਰਾਉਣ ਲਈ ਮਰਨ ਵਰਤ ਸ਼ੁਰੂ ਕਰਨ ਵਾਲੇ ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਤੋਂ ਨਾਖੁਸ਼ ਹਨ।

ਉਨ੍ਹਾਂ ਨੇ ਮੁੜ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਇਸੇ ਦੌਰਾਨ ਇਲਾਕੇ ਦੇ ਕਰੀਬ ਦੋ ਦਰਜਨ ਤੋਂ ਵੱਧ ਪਿੰਡਾਂ ਦੇ ਲੋਕਾਂ ਨੇ ਮਸਤੂਆਣਾ ਸਾਹਿਬ ਵਿੱਚ ਇਕੱਠ ਕਰਕੇ ਸਪੱਸ਼ਟ ਕਰ ਦਿੱਤਾ ਹੈ ਕਿ ਗੁਰਦੁਆਰੇ ਦੀ ਦਿੱਖ ਬਦਲਣ ਲਈ ਲੋੜੀਂਦੀ ਤਬਦੀਲੀ ਕਰ ਦਿੱਤੀ ਹੈ ਅਤੇ ਹੁਣ ਹੋਰ ਤਬਦੀਲੀ ਸੰਭਵ ਨਹੀਂ ਹੈ।

 

ਜਾਂਚ ਕਮੇਟੀ ’ਚ ਸ਼ਾਮਲ ਚਾਰ ਮੈਂਬਰਾਂ ਵੱਲੋਂ 27 ਜਨਵਰੀ ਨੂੰ ਇੱਥੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ ਮੀਟਿੰਗ ਕਰਕੇ ਇਸ ਮਾਮਲੇ ’ਤੇ ਚਰਚਾ ਕੀਤੀ ਗਈ। ਉਸੇ ਦਿਨ ਸਮੁੱਚੇ ਹਾਲਾਤ ਦਾ ਜਾਇਜ਼ਾ ਲੈਣ ਲਈ 6 ਫਰਵਰੀ ਨੂੰ ਮਸਤੂਆਣਾ ਸਾਹਿਬ ਵਿੱਚ ਦੌਰਾ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਜੋ ਬਾਅਦ ’ਚ ਮੁਲਤਵੀ ਕਰ ਦਿੱਤਾ ਗਿਆ ਸੀ ਪ੍ਰੰਤੂ ਉਸ ਦਿਨ ਇਲਾਕੇ ਦੇ ਕਰੀਬ ਦੋ ਦਰਜਨ ਪਿੰਡਾਂ ਦੇ ਲੋਕਾਂ ਨੇ ਇਕੱਠ ਕਰਕੇ ਮਤਾ ਪਾਸ ਕੀਤਾ ਸੀ ਕਿ ਗੁਰਦੁਆਰੇ ਦੀ ਦਿੱਖ ਬਦਲਣ ਲਈ ਜ਼ਰੂਰੀ ਤਬਦੀਲੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਇਸ ਤੋਂ ਵੱਧ ਹੋਰ ਤਬਦੀਲੀ ਸੰਭਵ ਨਹੀਂ ਹੈ। ਮਤੇ ਦੀ ਕਾਪੀ ਐਸਜੀਪੀਸੀ ਪ੍ਰਧਾਨ ਅਤੇ ਅਕਾਲ ਤਖਤ ਨੂੰ ਭੇਜਣ ਦਾ ਫੈਸਲਾ ਲਿਆ ਗਿਆ ਸੀ।

 
ਸ੍ਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਨੇ ਐਸਜੀਪੀਸੀ ਦੀ ਜਾਂਚ ਕਮੇਟੀ ਦੀ ਢਿੱਲੀ ਕਾਰਵਾਈ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਾਂਚ ਕਮੇਟੀ ਵੱਲੋਂ ਦੋ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪ੍ਰੰਤੂ ਮਾਮਲਾ ਉਥੇ ਦਾ ਉਥੇ ਹੈ। ਅਗਲੀ ਮੀਟਿੰਗ ਦਾ ਸਮਾਂ ਨਿਸ਼ਚਿਤ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਐਸਜੀਪੀਸੀ ਵੱਲੋਂ ਜਾਂਚ ਕਰਾਉਣ ਦਾ ਭਰੋਸਾ ਦੇ ਕੇ ਉਸ ਨਾਲ ਧੋਖਾ ਕੀਤਾ ਗਿਆ ਹੈ, ਜਿਸ ਕਰਕੇ ਜਾਂਚ ਕਮੇਟੀ ਤੋਂ ਅਕਾਲ ਤਖਤ ਦਾ ਫੈਸਲਾ ਲਾਗੂ ਕਰਾਉਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਾਂਚ ਕਮੇਟੀ ਵੱਲੋਂ ਅਕਾਲ ਤਖਤ ਤੋਂ ਜਾਰੀ ਹੁਕਮਨਾਮਾ ਲਾਗੂ ਨਾ ਕਰਵਾਇਆ ਗਿਆ ਤਾਂ ਉਹ ਮੁੜ ਸੰਘਰਸ਼ ਦਾ ਐਲਾਨ ਕਰਨਗੇ।

 

ਜਾਂਚ ਕਮੇਟੀ ਮੈਂਬਰ ਭਾਈ ਮਲਕੀਤ ਸਿੰਘ ਚੰਗਾਲ ਦਾ ਕਹਿਣਾ ਹੈ ਕਿ ਜਾਂਚ ਕਮੇਟੀ ਨਿਸ਼ਚਿਤ ਸਮੇਂ ਇੱਕ ਮਹੀਨੇ ਦੇ ਅੰਦਰ-ਅੰਦਰ ਆਪਣੀ ਮੁਕੰਮਲ ਰਿਪੋਰਟ ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪ ਦੇਵੇਗੀ।

 

ਜ਼ਿਕਰਯੋਗ ਹੈ ਕਿ ਕਰੀਬ ਤਿੰਨ ਹਫ਼ਤੇ ਪਹਿਲਾਂ ਸ੍ਰੀ ਪ੍ਰਸ਼ੋਤਮ ਸਿੰਘ ਫੱਗੂਵਾਲਾ ਨੇ ਅਕਾਲ ਤਖਤ ਵੱਲੋਂ ਜਾਰੀ ਹੋਏ ਹੁਕਮਨਾਮੇ ਨੂੰ ਲਾਗੂ ਕਰਾਉਣ ਦੀ ਮੰਗ ਸਬੰਧੀ 20 ਜਨਵਰੀ ਨੂੰ ਭਵਾਨੀਗੜ੍ਹ ਵਿੱਚ ਮਰਨ ਵਰਤ ਸ਼ੁਰੂ ਕੀਤਾ ਸੀ। ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮਾਮਲੇ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਬਣਾ ਦਿੱਤੀ ਸੀ, ਜਿਸ ਮਗਰੋਂ 24 ਜਨਵਰੀ ਨੂੰ ਜਾਂਚ ਕਮੇਟੀ ਨੇ ਸ੍ਰੀ ਫੱਗੂਵਾਲਾ ਦਾ ਮਰਨ ਵਰਤ ਖ਼ਤਮ ਕਰਵਾਇਆ ਸੀ।

ਟਿੱਪਣੀ ਕਰੋ:

About webmaster

Scroll To Top